ਸਰਦਾਰ ਦਲਬੀਰ ਸਿੰਘ ਸਰਕਾਰੀ ਕਾਲਜ, ਜੰਡਾਲਾ ਵਿਖੇ 77ਵਾਂ ਗਣਤੰਤਰ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਸਰਦਾਰ ਦਲਬੀਰ ਸਿੰਘ ਸਰਕਾਰੀ ਕਾਲਜ, ਜੰਡਾਲਾ ਵਿਖੇ ਪੰਜਾਬ ਸਰਕਾਰ, ਆਮ ਰਾਜ ਪ੍ਰਬੰਧ ਵਿਭਾਗ (ਰਾਜਨੀਤੀ–1 ਸ਼ਾਖਾ) ਅਤੇ ਉੱਚ ਸਿੱਖਿਆ ਤੇ ਭਾਸ਼ਾ ਵਿਭਾਗ (ਸਿੱਖਿਆ ਸੈਲ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਫੈਸਰ ਡਾ. ਹਰਜਿੰਦਰ ਸਿੰਘ (ਪ੍ਰਿੰਸੀਪਲ-ਕਮ-ਡਿਪਟੀ-ਡਾਇਰੈਕਟਰ, ਉੱਚ ਸਿੱਖਿਆ ਵਿਭਾਗ, ਪੰਜਾਬ) ਦੀ ਯੋਗ ਅਗਵਾਈ ਹੇਠ 77ਵਾਂ ਗਣਤੰਤਰ ਦਿਵਸ ਬੜੇ ਜੋਸ਼, ਉਤਸ਼ਾਹ ਅਤੇ ਦੇਸ਼ਭਗਤੀ ਭਾਵਨਾ ਨਾਲ ਮਨਾਇਆ ਗਿਆ।

ਇਸ ਮੌਕੇ ਕਾਲਜ ਦੇ ਪ੍ਰਬੰਧਕੀ ਬਲਾਕ ਅੱਗੇ ਪ੍ਰੋਫੈਸਰ ਡਾ. ਹਰਜਿੰਦਰ ਸਿੰਘ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ, ਜਿਸ ਵਿੱਚ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਝੰਡਾ ਲਹਿਰਾਉਣ ਸਮੇਂ ਕਾਲਜ ਦਾ ਵਿਹੜਾ ਦੇਸ਼ਭਗਤੀ ਦੇ ਜਜ਼ਬੇ ਨਾਲ ਗੂੰਜ ਉਠਿਆ।

ਇਸ ਉਪਰੰਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਕਸੁਰ ਹੋ ਕੇ ਰਾਸ਼ਟਰੀ ਗੀਤ ਗਾਇਆ ਗਿਆ।
ਇਸ ਦ੍ਰਿਸ਼ ਨੇ ਹਰ ਇੱਕ ਦੇ ਦਿਲ ਵਿੱਚ ਦੇਸ਼ ਪ੍ਰਤੀ ਪਿਆਰ ਅਤੇ ਮਾਣ ਦੀ ਭਾਵਨਾ ਹੋਰ ਮਜ਼ਬੂਤ ਕੀਤੀ।

ਇਸ ਮੌਕੇ ਪ੍ਰੋਫੈਸਰ ਡਾ. ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗਣਤੰਤਰ ਦਿਵਸ ਸਾਡੇ ਦੇਸ਼ ਦੇ ਇਤਿਹਾਸ ਦਾ ਇਕ ਮਹੱਤਵਪੂਰਨ ਦਿਨ ਹੈ, ਜੋ ਸਾਨੂੰ ਆਪਣੀ ਆਜ਼ਾਦੀ ਅਤੇ ਲੋਕਤੰਤਰਿਕ ਪ੍ਰਣਾਲੀ ਦੀ ਮਹਾਨਤਾ ਦੀ ਯਾਦ ਦਿਲਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਦੇਸ਼ ਦੀ ਸੁਤੰਤਰਤਾ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਸੈਨਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਦੀ ਬਦੌਲਤ ਅਸੀਂ ਅੱਜ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ।

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਭਾਰਤ ਦੇ ਸੰਵਿਧਾਨ ਦੇ ਨਿਰਮਾਤਾਵਾਂ ਦੇ ਯੋਗਦਾਨ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਡਾ. ਭੀਮਰਾਓ ਅੰਬੇਡਕਰ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਲੰਬਾ ਅਤੇ ਵਿਸਤ੍ਰਿਤ ਸੰਵਿਧਾਨ ਹੈ, ਜੋ ਸਾਰੇ ਨਾਗਰਿਕਾਂ ਨੂੰ ਸਮਾਨ ਅਧਿਕਾਰ ਅਤੇ ਆਜ਼ਾਦੀਆਂ ਪ੍ਰਦਾਨ ਕਰਦਾ ਹੈ।

ਉਨ੍ਹਾਂ ਕਿਹਾ ਕਿ ਸੰਵਿਧਾਨ ਸਿਰਫ ਕਾਨੂੰਨੀ ਦਸਤਾਵੇਜ਼ ਨਹੀਂ, ਸਗੋਂ ਸਾਡੇ ਦੇਸ਼ ਦੀ ਆਤਮਾ ਹੈ, ਜੋ ਸਾਨੂੰ ਨਿਆਂ, ਸਮਾਨਤਾ ਅਤੇ ਭਰਾਤਰੀ ਭਾਵਨਾ ਦੇ ਮੂਲ ਮੰਤਰ ਸਿਖਾਉਂਦਾ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਵਿਧਾਨ ਦਾ ਸਤਿਕਾਰ ਕਰਦੇ ਹੋਏ ਹਮੇਸ਼ਾਂ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਆਪਣੇ ਕਰਤੱਵਾਂ ਨੂੰ ਨਿਭਾਉਣ।
ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿੱਚ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਨੁਸ਼ਾਸਨ, ਨੈਤਿਕ ਮੁੱਲਾਂ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਇਸ ਮੌਕੇ ਗਣਤੰਤਰ ਦਿਵਸ ਦੀ ਖੁਸ਼ੀ ਵਿੱਚ ਕਾਲਜ ਪ੍ਰਬੰਧਨ ਵੱਲੋਂ ਲੱਡੂ ਵੰਡੇ ਗਏ।
ਇਸ ਸਮਾਰੋਹ ਵਿੱਚ ਪ੍ਰੋ. ਪ੍ਰਿਆ ਬਾਵਾ, ਡਾ. ਬਲਜੀਤ ਕੌਰ, ਪ੍ਰੋ. ਪ੍ਰਿਅੰਕਾ, ਪ੍ਰੋ. ਸੋਨੀਆ, ਪ੍ਰੋ. ਜਸਵਿੰਦਰ ਰੱਲ, ਪ੍ਰੋ. ਨੇਹਾ ਰਾਣੀ, ਪ੍ਰੋ. ਹਰਿੰਦਰਜੀਤ ਸਿੰਘ, ਪ੍ਰੋ. ਪਰਮਜੀਤ ਕੌਰ, ਪ੍ਰੋ. ਵੀਰਿੰਦਰਪਾਲ ਸਿੰਘ (ਰਿਸੋਰਸ ਪਰਸਨ), ਸ੍ਰੀ ਸੁਰੇਸ਼ ਕੁਮਾਰ (ਜੂਨੀਅਰ ਸਹਾਇਕ) ਅਤੇ ਕਾਲਜ ਦਾ ਸਹਾਇਕ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।